ਕਪੂਰਥਲਾ (ਬਰਿੰਦਰ ਚਾਨਾ) : ਦਿੱਲੀ ਵਿਧਾਨਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਗਾਤਾਰ ਇਸ ਵਾਰ ਫਿਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਢੋਟ ਨੇ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਇਸ ਵਾਰ ਵੀ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਤੇ ਬੀਜੇਪੀ ਦਾ ਕੋਈ ਵੀ ਵਜੂਦ ਨਹੀਂ ਹੈ। ਉਨ੍ਹਾਂ ਦਾ ਹਾਲ ਪਿਛਲੀਆਂ ਵਿਧਾਨ ਸਭਾ ਚੋਣਾਂ ਵਰਗਾ ਹੀ ਹੋਵੇਗਾ। ਦਿੱਲ੍ਹੀ ਦੀ ਜਨਤਾ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਨੂੰ ਨਕਾਰ ਚੁੱਕੀ ਹੈ ਅਤੇ ਇਸ ਵਾਰ ਵੀ ਉਨ੍ਹਾਂ ਦੇ ਹਿੱਸੇ ਕੁੱਝ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 10 ਸਾਲਾਂ ਦੇ ਕੰਮ ਦੇ ਦੌਰਾਨ ਦਿੱਲੀ ਵਿਚ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਹੈ ਤੇ ਬਹੁਤ ਸਾਰੇ ਵਿਕਾਸ ਦੇ ਕੰਮ ਕੀਤੇ ਹਨ। ਦਿੱਲੀ ਦੇ ਹਰ ਵਰਗ ਦੇ ਲੋਕ ਬਹੁਤ ਖੁਸ਼ ਹਨ, ਜਿਸ ਕਾਰਨ ਦਿੱਲੀ ਵਿੱਚ ਉਹ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਖਣਾ ਪਸੰਦ ਕਰਨਗੇ।ਢੋਟ ਨੇ ਕਿਹਾ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਪੰਜਾਬੀ ਭਾਈਚਾਰਾ ਅਹਿਮ ਭੂਮਿਕਾ ਨਿਭਾਵੇਗਾ।ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਕੰਮ ਕੀਤੇ ਹਨ,ਜਿਹੜੇ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਕਰ ਸਕੀ।
ਦਿੱਲੀ ਵਿਚ ਇਸ ਵਾਰ ਵੀ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਢੋਟ
