ਸਕੂਲਾਂ ਅੰਦਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਉਣ ਦੇ ਨਿਰਦੇਸ਼
ਕਪੂਰਥਲਾ, (ਬਰਿੰਦਰ ਚਾਨਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ‘ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ’ ਸਬੰਧੀ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਕੂਲਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇ।ਇਸ ਸਬੰਧੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਹਰੇਕ ਸ਼ਨੀਵਾਰ ਪ੍ਰਾਰਥਨਾ ਸਭਾ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਤੋਂ ਇਲਾਵਾ ਬੱਚਿਆਂ ਦੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਸਾਂਝੇ ਵਟਸ ਐਪ ਗਰੁੱਪ ਬਣਾਏ ਜਾਣ ਜਿਸ ਰਾਹੀਂ ਨਸ਼ਿਆਂ ਦੀ ਰੋਕਥਾਮ ਲਈ ਯਤਨਾਂ ਨੂੰ ਹੁਲਾਰਾ ਮਿਲ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੈਡੀਕਲ ਕਿਸਮ ਦਾ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਵਾਲਿਆਂ ਵਿਰੁੱਧ ਸਖਤੀ ਵਰਤੀ ਜਾਵੇ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਬਣਾਈ ਗਈ ਜਾਇਦਾਦ ਨੂੰ ਅਟੈਚ ਕਰਨ ਦੀ ਪ੍ਰਕਿ੍ਰਆ ਨੂੰ ਤੇਜ ਕੀਤਾ ਜਾਵੇ। ਪੁਲਿਸ ਅਧਿਕਾਰੀਆਂ ਦੱਸਿਆ ਕਿ ਨਸ਼ਾ ਤਸਕਰਾਂ ਦੀ 3 ਕਰੋੜ ਰੁਪੈ ਦੀ ਜਾਇਦਾਦ ਜਬਤ ਕੀਤੀ ਗਈ ਹੈ। ਸ੍ਰੀ ਬਾਜਵਾ ਨੇ ਇਹ ਵੀ ਕਿਹਾ ਕਿ ਸ਼ਰਾਬ ਦੇ ਠੇਕਿਆਂ ਉੱਪਰ ਸੀ.ਸੀ.ਟੀ.ਵੀ. ਕੈਮਰੇ ਲਗਣੇ ਜ਼ਰੂਰੀ ਕੀਤੇ ਜਾਣ ਤਾਂ ਜੋ ਕਿਸੇ ਨਬਾਲਿਗ ਨੂੰ ਸ਼ਰਾਬ ਨਾ ਵੇਚਣ ਦੇ ਦਿਸ਼ਾ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਯੂਥ ਕਲੱਬਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਲੋਕਾਂ ਨੂੰ ਜਾਣੁੰ ਕਰਵਾਉਣ ਲਈ ਵਿਆਪਕ ਪੱਧਰ ’ਤੇ ਗਤੀਵਿਧੀਆਂ ਵਿੱਢਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਕਮੇਟੀ ਦੇ ਮੈਂਬਰ ਐਸ.ਡੀ.ਐਮ. ਭੁਲੱਥ ਡੈਵੀ ਗੋਇਲ, ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਧੰਜੂ, ਮੁੱਖ ਖੇਤੀਬਾੜੀ ਅਫਸਰ ਡਾ ਬਲਬੀਰ ਚੰਦ, ਡੀ.ਐਸ.ਪੀ. ਇਕਬਾਲ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।