ਕਾਂਗਰਸੀ ਸਮਰਥਕਾਂ ’ਤੇ ਹਮਲੇ ਦਾ ਦੋਸ਼, ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਾਣਾ ਗੁਰਜੀਤ ਸਿੰਘ
ਕਪੂਰਥਲਾ, 30ਮਈ (ਸਾਹਿਲ ਗੁਪਤਾ): ਦੇਰ ਸ਼ਾਮ ਕਪੂਰਥਲਾ ਦੇ ਅਜੀਤ ਨਗਰ ਇਲਾਕੇ ਵਿੱਚ ਹੋਈ ਲੜਾਈ ਤੋਂ ਬਾਅਦ ਸਾਬਕਾ ਮੰਤਰੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸ਼ਹਿਰ ਦੇ ਕਈ ਨਗਰ ਨਿਗਮ ਕੌਂਸਲਰ ਵੀ ਮੌਜੂਦ ਸਨ।ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਵਾਰਡ ਨੰਬਰ 11 ਦੇ ਅਜੀਤ ਨਗਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਬੀਰਾ ਨਗਰ ਨਿਗਮ ਚੋਣਾਂ ਵਿੱਚ ਜਿੱਤ ਦਰਜ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਜਿੱਤ ਨੂੰ ਵਿਰੋਧੀ ਧਿਰ ਬਰਦਾਸ਼ਤ ਨਹੀਂ ਕਰ ਸਕੀ, ਜਿਸ ਕਾਰਨ ਬਲਬੀਰ ਸਿੰਘ ਬੀਰਾ ਦੇ ਕੁਝ ਸਮਰਥਕਾਂ ’ਤੇ ਹਮਲਾ ਕੀਤਾ ਗਿਆ।ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਵਾਰਡ ਅਤੇ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨਹੀਂ ਹੋਣ ਦੇਣਗੇ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਇਸ ਦੌਰਾਨ ਮੌਕੇ ’ਤੇ ਪਹੁੰਚੇ ਸਿਟੀ ਥਾਣਾ ਮੁਖੀ (ਐੱਸ.ਐੱਚ.ਓ.) ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਭਾਲ ਕੀਤੀ ਜਾ ਰਹੀ ਹੈ।ਐੱਸ.ਐੱਚ.ਓ. ਅਮਨਦੀਪ ਸਿੰਘ ਨਾਹਰ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਮਨ-ਕਾਨੂੰਨ ਭੰਗ ਕਰਨ ਵਾਲੇ ਅਨਸਰਾਂ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ਵਿੱਚ ਭੇਜਿਆ ਜਾਵੇਗਾ। ਇਸ ਸੰਬੰਧ ਵਿਚ ਦੂਜੇ ਪੱਖ ਨਾਲ ਗਲਬਾਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀ ਪਰ ਓਹਨਾ ਨੇ ਫ਼ੋਨ ਨਹੀਂ ਚੁੱਕਿਆ।

