ਕਪੂਰਥਲਾ (ਬਰਿੰਦਰ ਚਾਨਾ) : ਪੰਜਾਬ ਸਰਕਾਰ ਵਲੋਂ ਰਾਜ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਉੱਪਰ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਸ਼ੋਸ਼ਲ ਮੀਡੀਆ ਉੱਪਰ ਵੀ ਲਾਗੂ ਹੋਵੇਗੀ।ਹੁਕਮਾਂ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ , ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਤੇ ਪ੍ਰਦਰਸ਼ਨ ਕਰਨ ’ਤੇ ਵੀ ਮੁਕੰਮਲ ਰੂਪ ਵਿਚ ਪਾਬੰਦੀ ਹੋਵੇਗੀ । ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਹੋਵੇਗੀ । ਇਨ੍ਹਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਜਿੰਮੇਵਾਰ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣਾ ਪੁਲਿਸ ਵਿਭਾਗ ਦੀ ਜਿੰਮੇਵਾਰੀ ਹੋਵੇਗੀ। ਇਹ ਹੁਕਮ 07-06-2025 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਕਪੂਰਥਲੇ ਅੰਦਰ ਹਥਿਆਰਾਂ ਦੇ ਜਨਤਕ ਅਤੇ ਸ਼ੋਸ਼ਲ ਮੀਡੀਆ ਤੇ ਪ੍ਰਦਰਸ਼ਨ ਉੱਪਰ ਪੂਰਨ ਪਾਬੰਦੀ : ਡਿਪਟੀ ਕਮਿਸ਼ਨਰ
