ਕਪੂਰਥਲਾ (ਬਰਿੰਦਰ ਚਾਨਾ) : ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ‘ਪੰਜਾਬ ਚੋਣ ਕੁਇੱਜ਼-2025’ ਮੁਕਾਬਲੇ ਵਿਚ ਵੱਡੇ ਪੱਧਰ ’ਤੇ ਜ਼ਿਲ੍ਹੇ ਦੇ ਲੋਕਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਚੋਣ ਤਹਿਸੀਲਦਾਰ ਮਨਜੀਤ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ‘ਪੰਜਾਬ ਚੋਣ ਕੁਇੱਜ਼-2025’ ਮੁਕਾਬਲੇ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਡੇ ਪੱਧਰ ’ਤੇ ਜ਼ਿਲ੍ਹੇ ਦੇ ਲੋਕਾਂ ਦੀ ਮੁਕਾਬਲੇ ਵਿਚ ਹਿੱਸੇਦਾਰੀ ਦਰਜ ਕੀਤੀ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਮੁਕਾਬਲੇ ਲਈ ਰਜਿਸਟਰਡ ਵੀ ਕਰਵਾਇਆ ਜਾਵੇ।ਜ਼ਿਕਰਯੋਗ ਹੈ ਕਿ ‘ਪੰਜਾਬ ਚੋਣ ਕੁਇੱਜ਼-2025’ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਲਈ ਆਨਲਾਈਨ ਰਜਿਸਟ੍ਰੇਸ਼ਨ https://Punjab.indiastatquiz.com ’ਤੇ 17 ਜਨਵਰੀ, 2025 ਤੱਕ ਕਰਵਾਈ ਜਾ ਸਕਦੀ ਹੈ। ਇਹ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ।ਪਹਿਲੇ ਗੇੜ ਵਿੱਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਅੰਤਿਮ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ ਹੋਵੇਗਾ। ਪਹਿਲੇ ਜੇਤੂ ਨੂੰ ਇੱਕ ਵਿੰਡੋਜ਼ ਲੈਪਟਾਪ, ਦੂਜੇ ਜੇਤੂ ਨੂੰ ਐਂਡਰਾਇਡ ਟੈਬਲੇਟ, ਤੀਜਾ ਜੇਤੂ ਨੂੰ ਇੱਕ ਸਮਾਰਟ ਵਾਚ ਅਤੇ ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟੌਪਰ ਲਈ ਇੱਕ ਸਮਾਰਟਫੋਨ ਸ਼ਾਮਲ ਹਨ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ।
ਪੰਜਾਬ ਚੋਣ ਕੁਇੱਜ਼ 2025, 17 ਜਨਵਰੀ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ
