ਸੀਸੀਟੀਵੀ ਰਾਹੀਂ ਪਛਾਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਸੁਰੱਖਿਆ ’ਤੇ ਉੱਠੇ ਸਵਾਲ
ਕਪੂਰਥਲਾ ਨਿਊਜ਼ : ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਐਮਰਜੈਂਸੀ ਵਾਰਡ ਵਿੱਚੋਂ ਮਰੀਜ਼ਾਂ ਨੂੰ ਆਕਸੀਜਨ ਪ੍ਰਦਾਨ ਕਰਨ ਵਾਲੀ ਇੱਕ ਮਹੱਤਵਪੂਰਨ ਮਸ਼ੀਨ ਚੋਰੀ ਹੋ ਗਈ। ਇਹ ਘਟਨਾ 12 ਫਰਵਰੀ ਨੂੰ ਸ਼ਾਮ 6 ਵਜੇ ਦੇ ਕਰੀਬ ਵਾਪਰੀ, ਜਦੋਂ ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਡਿਊਟੀ ’ਤੇ ਸਨ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਹਸਪਤਾਲ ਦੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋ ਸ਼ੱਕੀਆਂ ਦੀ ਪਛਾਣ ਕੀਤੀ ਗਈ। ਡਾ. ਮਨਦੀਪ ਕੌਰ ਦੀ ਸ਼ਿਕਾਇਤ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ। ਐਸਐਚਓ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸੀਸੀਟੀਵੀ ਰਾਹੀਂ ਪਹਿਚਾਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਕਿਸ਼ਨ ਪੁੱਤਰ ਮਹਿੰਦਰ ਪਾਲ ਅਤੇ ਅਰਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰੂਪੇਵਾਲ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਇਹ ਘਟਨਾ ਹਸਪਤਾਲ ਦੀ ਸੁਰੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਚੋਰੀ ਹੋਈ ਆਕਸੀਜਨ ਮਸ਼ੀਨ ਮਰੀਜ਼ਾਂ ਦੀ ਜ਼ਿੰਦਗੀ ਲਈ ਬਹੁਤ ਜ਼ਰੂਰੀ ਹੈ।