ਸੰਵਿਧਾਨ ਬਣਾਉਣ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ : ਚੇਅਰਮੈਨ ਇੰਡੀਅਨ

ਕਪੂਰਥਲਾ (ਪੇਸ ਨਿਊਜ਼) : 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਇਸ ਘਟਨਾ ਤੇ ਗੁੱਸੇ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਮਕਸਦ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ।ਇੰਡੀਅਨ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ।ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ,ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਪਿੱਛੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਇੰਡੀਅਨ ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Leave a Reply

Your email address will not be published. Required fields are marked *

Translate »
error: Content is protected !!